ਚੰਡੀਗੜ੍ਹ
ਪੰਜਾਬ ਵਿੱਚ ਸੋਮਵਾਰ ਤੋਂ ਮੌਨਸੂਨ ਨੇ ਇੱਕ ਵਾਰ ਫਿਰ ਰਫ਼ਤਾਰ ਫੜ ਲਈ ਹੈ। ਇਸ ਦੇ ਪ੍ਰਭਾਵ ਹੇਠ ਕਈ ਜ਼ਿਲ੍ਹਿਆਂ ਵਿੱਚ ਤੇਜ਼ ਮੀਂਹ ਪਿਆ, ਜਦਕਿ ਕੁਝ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਵਰਖਾ ਦਰਜ ਕੀਤੀ ਗਈ। ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ ਰੂਪਨਗਰ ਜ਼ਿਲ੍ਹੇ ਦੇ ਅਨੰਦਪੁਰ ਸਾਹਿਬ ਵਿੱਚ ਸਭ ਤੋਂ ਵੱਧ 87.5 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ।
ਪਠਾਨਕੋਟ ਵਿੱਚ 35 ਮਿਲੀਮੀਟਰ, ਅੰਮ੍ਰਿਤਸਰ ਵਿੱਚ 32.2, ਹੁਸ਼ਿਆਰਪੁਰ ਵਿੱਚ 24, ਕਪੂਰਥਲਾ ਵਿੱਚ 23.5 ਅਤੇ ਲੁਧਿਆਣਾ ਵਿੱਚ 26.8 ਮਿਲੀਮੀਟਰ ਵਰਖਾ ਦਰਜ ਹੋਈ। ਮੀਂਹ ਕਾਰਨ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਕਮੀ ਵੇਖਣ ਨੂੰ ਮਿਲੀ। ਕਈ ਥਾਵਾਂ ’ਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਪੰਜ ਤੋਂ ਛੇ ਡਿਗਰੀ ਸੈਲਸੀਅਸ ਘੱਟ ਰਿਹਾ।
ਹੁਸ਼ਿਆਰਪੁਰ ਵਿੱਚ ਵੱਧ ਤੋਂ ਵੱਧ ਤਾਪਮਾਨ 28.4 ਡਿਗਰੀ, ਗੁਰਦਾਸਪੁਰ ਵਿੱਚ 28.6 ਡਿਗਰੀ, ਰੂਪਨਗਰ ਵਿੱਚ 29.6 ਡਿਗਰੀ, ਲੁਧਿਆਣਾ ਵਿੱਚ 34.8 ਡਿਗਰੀ ਅਤੇ ਅੰਮ੍ਰਿਤਸਰ ਵਿੱਚ 34.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ 4 ਅਤੇ 5 ਅਗਸਤ ਲਈ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। 6 ਅਗਸਤ ਤੋਂ ਮੌਸਮ ਵਿੱਚ ਸੁਧਾਰ ਦੀ ਸੰਭਾਵਨਾ ਹੈ, ਜਦਕਿ 10 ਅਗਸਤ ਤੋਂ ਬਾਅਦ ਮੌਨਸੂਨ ਦੇ ਮੁੜ ਸਰਗਰਮ ਹੋਣ ਦੀ ਉਮੀਦ ਜਤਾਈ ਗਈ ਹੈ।




